ਅੱਖਰਾਂ ਵਿਚ ਸਮੁੰਦਰ ਰੱਖਾਂ, ਮੈਂ ਇਕਬਾਲ ਪੰਜਾਬੀ ਦਾ

ਅੱਖਰਾਂ ਵਿਚ ਸਮੁੰਦਰ ਰੱਖਾਂ, ਮੈਂ ਇਕਬਾਲ ਪੰਜਾਬੀ ਦਾ ।
ਝੱਖੜਾਂ ਦੇ ਵਿਚ ਰੱਖ ਦਿੱਤਾ ਏ, ਦੀਵਾ ਬਾਲ ਪੰਜਾਬੀ ਦਾ ।

ਲੋਕੀ ਮੰਗ ਮੰਗਾ ਕੇ ਆਪਣਾ, ਬੋਹਲ ਬਣਾ ਕੇ ਬਹਿ ਗਏ ਨੇ;
ਅਸਾਂ ਤਾਂ ਮਿੱਟੀ ਕਰ ਦਿੱਤਾ ਏ, ਸੋਨਾ ਗਾਲ ਪੰਜਾਬੀ ਦਾ ।

ਜਿਹੜੇ ਆਖਣ ਵਿਚ ਪੰਜਾਬੀ, ਵੁਸਅਤ ਨਹੀਂ ਤਹਿਜ਼ੀਬ ਨਹੀਂ;
ਪੜ੍ਹ ਕੇ ਵੇਖਣ ਵਾਰਸ, ਬੁੱਲ੍ਹਾ, ਬਾਹੂ, ਲਾਲ ਪੰਜਾਬੀ ਦਾ ।

ਮਨ ਦਾ ਮਾਸ ਖਵਾ ਦੇਂਦਾ ਏ, ਜਿਹੜਾ ਏਹਨੂੰ ਪਿਆਰ ਕਰੇ;
ਕੋਈ ਵੀ ਜਬਰਨ ਕਰ ਨਹੀਂ ਸਕਦਾ, ਵਿੰਗਾ ਵਾਲ ਪੰਜਾਬੀ ਦਾ ।

ਹਵਾਲਾ: ਅੱਖਰਾਂ ਵਿਚ ਸਮੁੰਦਰ; ਸਫ਼ਾ 31 ( ਹਵਾਲਾ ਵੇਖੋ )