ਜਿਸ ਧਰਤੀ 'ਤੇ ਰਜਵਾਂ ਟੁੱਕਰ ਖਾਂਦੇ ਨਈਂ ਮਜ਼ਦੂਰ

ਜਿਸ ਧਰਤੀ 'ਤੇ ਰਜਵਾਂ ਟੁੱਕਰ ਖਾਂਦੇ ਨਈਂ ਮਜ਼ਦੂਰ
ਉਸ ਧਰਤੀ ਦੇ ਹਾਕਮ ਕੁੱਤੇ, ਉਸ ਦੇ ਹਾਕਮ ਸੂਰ

ਮੇਰੇ ਵਾਂਗੂੰ ਚਾਰ ਦਿਹਾੜੇ ਭੱਠੀ ਕੋਲ ਖਲੋ
ਮੁੱਲਾਂ ਫੇਰ ਵਿਖਾਵੀਂ ਮੈਨੂੰ ਆਪਣੇ ਮੂੰਹ ਦਾ ਨੂਰ

ਇੱਟ-ਖੜਿੱਕਾ ਨਾਲ ਗਵਾਂਢੀ, ਦੇਖੋ ਆਗੂ ਵੱਲ
ਉਹਦੇ ਨਾਲ ਯਰਾਨਾ, ਜਿਹੜਾ ਸੱਤ ਸਮੁੰਦਰ ਦੂਰ

ਪਲ ਪਲ ਚੌੜਾ ਹੁੰਦਾ ਜਾਵੇ, ਲੋੜਾਂ ਦਾ ਦਰਿਆ
ਹੌਲੀ ਹੌਲੀ ਡੁੱਬਦਾ ਜਾਵੇ, ਸੱਧਰਾਂ ਵਾਲਾ ਪੂਰ

ਇਸ ਧਰਤੀ ਤੋਂ ਖੌਰੇ ਕਦ ਦਾ ਕਰ ਜਾਂਦਾ ਮੈਂ ਕੂਚ
ਸੁਣਿਆ ਜੇ ਨਾ ਹੁੰਦਾ ਬਾਬਾ ਤੇਰਾ ਮੈਂ ਮਨਸ਼ੂਰ

ਵਿੱਚ ਹਨੇਰੇ ਫੁੱਲ ਵੀ ਦੇਵੇਂ, ਉਹਨਾਂ ਉੱਤੇ ਥੂਹ
ਸਿਖਰ ਦੁਪਹਿਰੇ ਬਲ਼ਦੇ ਪੱਥਰ ਮੈਨੂੰ ਨੇ ਮਨਜ਼ੂਰ

ਹੱਥੋਂ ਸੁੱਟ ਜਦੋਂ ਦਾ ਆਸਾ, ਆਂਦੀ ਕਲਮ ਦਵਾਤ
ਮੰਜ਼ਿਲ ਮੈਨੂੰ ਵਾਜਾਂ ਮਾਰੇ, ਰਸਤੇ ਨੂਰੋ-ਨੂਰ

ਉਹਦੇ ਵਿੱਚੋਂ ਲੱਭੇ 'ਬਾਬਾ' ਕੰਮੀਆਂ ਦੇ ਹੱਕ ਵੇਖ
ਜਿਹੜਾ ਉਚੇ ਮਹਿਲੀਂ ਬਹਿ ਕੇ, ਬਣਦਾ ਏ ਦਸਤੂਰ

ਹਵਾਲਾ: ਸੋਚਾਂ ਵਿਚ ਜਹਾਨ; ਪੰਜਾਬ ਸਵੇਰ ਕਰਾਚੀ; ਸਫ਼ਾ 113 ( ਹਵਾਲਾ ਵੇਖੋ )