ਵਾਰਸ, ਬੁੱਲ੍ਹੇ ਵਰਗੇ ਬੈਠੇ, ਹੰਸ ਵਿਸਾਰ ਪੰਜਾਬੀ ਨੇ

ਵਾਰਸ, ਬੁੱਲ੍ਹੇ ਵਰਗੇ ਬੈਠੇ, ਹੰਸ ਵਿਸਾਰ ਪੰਜਾਬੀ ਨੇ ।
ਕਿਸਰਾਂ ਆਖਾਂ ਮਾਂ ਬੋਲੀ ਦੇ 'ਬਰਖ਼ੁਦਾਰ' ਪੰਜਾਬੀ ਨੇ ।

ਬਾਲਾਂ ਦੇ ਮੂੰਹ ਜਿਹੜੇ ਅੱਖਰ ਚੋਗੇ ਵਾਂਗੂੰ ਦੇਣੇ ਸਨ,
ਉਹਨਾਂ ਬਦਲੇ ਫੜ ਫੜ ਓਬੜ ਤੁੰਨਦੇ ਯਾਰ ਪੰਜਾਬੀ ਨੇ ।

ਅੱਚਣਚੇਤੀ ਵੀ ਨਾ ਲਾਵੀਂ ਮੇਰੇ ਮੱਥੇ ਉਹਨਾਂ ਨੂੰ,
ਜਿਹੜੇ ਵੀ ਇਸ ਧਰਤੀ ਉੱਤੇ ਬਦਬੂਦਾਰ ਪੰਜਾਬੀ ਨੇ ।

ਓਧਰ ਓਧਰ ਕਰਾਂ ਸਲਾਮਾਂ ਦਿਲ ਦੀ ਦੁਨੀਆਂ ਕਹਿੰਦੀ ਏ,
ਜਿੱਧਰ ਜਿੱਧਰ ਜਾਂਦੇ ਮੇਰੇ ਬਾਕਿਰਦਾਰ ਪੰਜਾਬੀ ਨੇ ।

ਕੰਡ ਕਦੇ ਨਾ ਲੱਗੇ ਰੱਬਾ ਵਿਚ ਮੈਦਾਨੇ ਉਹਨਾਂ ਦੀ,
ਜਿਹੜੇ ਆਪਣੀ ਮਾਂ ਬੋਲੀ ਦੇ ਖ਼ਿਦਮਤਗਾਰ ਪੰਜਾਬੀ ਨੇ ।

ਖ਼ਵਾਜਾ 'ਫ਼ਰੀਦ', ਮੁਹੰਮਦ, ਵਾਰਸ, ਨਾਨਕ, ਬੁੱਲ੍ਹਾ, ਬਾਹੂ, ਲਾਲ,
ਇਹ ਪੰਜਾਬੀ ਉੱਚੇ ਸੁੱਚੇ, ਇਹ ਸਰਦਾਰ ਪੰਜਾਬੀ ਨੇ ।

ਆਪਣੀ ਬੋਲੀ ਬੋਲਣ ਵੇਲ਼ੇ ਜਿਹਨਾਂ ਦਾ ਸਾਹ ਘੁੱਟਦਾ ਏ,
'ਬਾਬਾ ਨਜਮੀ' ਦੇ ਦੇ ਫ਼ਤਵਾ, ਉਹ ਗ਼ੱਦਾਰ ਪੰਜਾਬੀ ਨੇ ।