ਇਨਕਾਰ

ਮੇਰੇ ਤੋਂ ਆਸ ਨਾ ਕਰਿਓ ਕਿ ਮੈਂ ਖੇਤਾਂ ਦਾ ਪੁੱਤ ਹੋ ਕੇ
ਤੁਹਾਡੇ ਚਗਲੇ ਹੋਏ ਸਵਾਦਾਂ ਦੀ ਗੱਲ ਕਰਾਂਗਾ
ਜਿਹਨਾਂ ਦੇ ਹੜ੍ਹ ਚ ਰੁੜ੍ਹ ਜਾਂਦੀ ਹੈ
ਸਾਡੇ ਬੱਚਿਆਂ ਦੀ ਤੋਤਲੀ ਕਵਿਤਾ
ਤੇ ਸਾਡੀਆਂ ਧੀਆਂ ਦਾ ਕੰਜਕ ਜਿਹਾ ਹਾਸਾ

ਮੈਂ ਤਾਂ ਜਦ ਵੀ ਕੀਤੀ ਖਾਦ ਦੇ ਘਾਟੇ
ਕਿਸੇ ਗਰੀਬੜੀ ਦੀ ਹਿਕ ਵਾਂਗੂੰ ਪਿਚਕ ਗਏ ਗਣਿਆਂ ਦੀ ਗੱਲ ਹੀ ਕਰਾਂਗਾ
ਮੈਂ ਦਲਾਨ ਦੇ ਖੂੰਜੇ ਚ ਪਈ ਸਾਉਣੀ ਦੀ ਫ਼ਸਲ
ਤੇ ਦਲਾਨ ਦੇ ਬੂਹੇ ਤੇ ਖੜੇ ਸਿਆਲ਼ ਦੀ ਗੱਲ ਕਰਾਂਗਾ
ਮੇਰੇ ਤੋਂ ਆਸ ਨਾ ਕਰਿਓ ਕਿ ਮੈਂ ਸਰਦੀ ਦੀ ਰੁੱਤ ਖੜਨ ਵਾਲੇ
ਫੁਲਾਂ ਦੀਆਂ ਕਿਸਮਾਂ ਦੇ ਨਾਂ ਤੇ
ਪਿੰਡ ਦੀਆਂ ਕੁੜੀਆਂ ਦੇ ਨਾਂ ਕੁਨਾਂ ਧਰਾਂਗਾ

ਮੈਂ ਬੈਂਕ ਦੇ ਸੈਕਟਰੀ ਦੀਆਂ ਖਚਰੀਆਂ ਮੁੱਛਾਂ
ਸਰਪੰਜ ਦੀ ਥਾਣੇ ਤਕ ਲੰਮੀ ਪੂਛ ਦੀ
ਤੇ ਉਸ ਪੂਰੇ ਚਿੜੀਆਘਰ ਦੀ
ਜੋ ਮੈਂ ਆਪਣੀ ਹਿਕ ਉਤੇ ਪਾਲ਼ ਰੱਖਿਆ ਹੈ
ਜਾਂ ਉਸ ਅਜਾਇਬ ਘਰ ਦੀ
ਜੋ ਮੈਂ ਆਪਣੀ ਹਿੱਕ ਅੰਦਰ ਸਾਂਭ ਰੱਖਿਆ ਹੈ
ਜਾਂ ਏਦਾਂ ਦੀ ਹੀ ਕੋਈ ਕਰੜ ਬਰੜੀ ਗੱਲ ਕਰਾਂਗਾ
ਮੇਰੇ ਲਈ ਦਿਲ ਤਾਂ ਬੱਸ ਇਕ ਪਾਨ ਦੇ ਪੱਤੇ ਵਰਗਾ ਲੋਥੜਾ ਹੈ
ਮੇਰੇ ਲਈ ਹੁਸਨ ਕੋਈ ਮੱਕੀ ਦੀ ਲੂਣ ਭੁੱਕੀ ਹੋਈ ਰੋਟੀ ਜਿਹੀ ਲੱਜ਼ਤ ਹੈ
ਮੇਰੇ ਲਈ ਜ਼ਿੰਦਗੀ ਘਰ ਦੀ ਸ਼ਰਾਬ ਵਾਂਗ
ਲੁਕ ਲੁਕ ਪੀਣ ਦੀ ਕੋਈ ਸ਼ੈ ਹੈ
ਮੇਰੇ ਤੋਂ ਆਸ ਨਾ ਕਰਿਓ ਕਿ ਮੈਂ ਖ਼ਰਗੋਸ਼ ਵਾਂਗ
ਰੋਹੀਆਂ ਦੀ ਕੂਲੀ ਮਹਿਕ ਨੂੰ ਪੋਲੇ ਜਿਹੇ ਸੁੰਘਾਂ
ਮੈਂ ਹਰ ਕਾਸੇ ਨੂੰ ਜੋਤਾ ਲੱਗੇ ਹੋਏ ਬਲਦਾਂ ਵਾਂਗ
ਖੁਰਲੀ ਉਤੇ ਸਿੱਧਾ ਹੋ ਕੇ ਟੱਕਰਿਆ ਵਾਂ

ਮੈਂ ਜੱਟਾਂ ਦੇ ਸਾਧ ਹੋਵਣ ਤੋਂ ਉਰਾਂਹ ਦਾ ਸਫ਼ਰ ਹਾਂ
ਮੈਂ ਬੁੱਢੇ ਮੋਚੀ ਦੀ ਗੁੰਮੀ ਹੋਈ ਅੱਖਾਂ ਦੀ ਲੌ ਹਾਂ
ਮੈਂ ਟੁੰਦੇ ਹਵਾਲਦਾਰ ਦੇ ਸੱਜੇ ਹੱਥ ਦੀ ਯਾਦ ਹਾਂ ਕੇਵਲ
ਮੈਂ ਪਿੰਡੇ ਵਕਤ ਦੇ, ਚੱਪਾ ਸਦੀ ਦਾ ਦਾਗ਼ ਹਾਂ ਕੇਵਲ
ਤੇ ਮੇਰੀ ਕਲ਼ਪਣਾ, ਇਸ ਲੁਹਾਰ ਦੇ ਥਾਂ ਥਾਂ ਤੋਂ ਲੂਸੇ ਮਾਸ ਵਰਗੀ ਹੈ
ਜੋ ਬੇਰਹਿਮ ਅਸਮਾਨ ਤੇ ਖਿਝਿਆ ਰਹੇ, ਇਕ ਹਵਾ ਦੇ ਬੁਲੇ ਲਈ
ਜਿਹਦੇ ਹੱਥ ਵਿਚਲਾ ਚੋ ਦਾ ਫਾਲ਼ਾ
ਕਦੀ ਤਲਵਾਰ ਬਣ ਜਾਏ, ਕਦੀ ਬੱਸ ਪੁੱਠਿਆਂ ਦੀ ਪੰਡ ਰਹਿ ਜਾਏ
ਮੈਂ ਹੁਣੇ ਤੁਹਾਡੇ ਲਈ ਕਿਸੇ ਹਾਰਮੋਨੀਅਮ ਦਾ ਪੱਖਾ ਨਹੀਂ ਹੋ ਸਕਦਾ
ਮੈਂ ਭਾਂਡੇ ਮਾਂਜਦੀ, ਝੀਰੀ ਦੀਆਂ ਉਂਗਲਾਂ ਚੋਂ ਸਿੰਮਦਾ ਰਾਗ ਹਾਂ ਕੇਵਲ
ਮੇਰੇ ਕੋਲ਼ ਸੁਹਜ ਦੀ ਓਸ ਸੁਪਨ ਸੀਮਾ ਤੋਂ ਉਰੇ
ਹਾਲਾਂ ਕਰਨ ਨੂੰ ਬਹੁਤ ਗੱਲਾਂ ਹਨ
ਅਜੇ ਮੈਂ ਧਰਤ ਤੇ ਛਾਏ
ਕਿਸੇ ਸੀਰੀ ਦੇ ਕਾਲੇ ਸ਼ਾਹ ਬੁਲਾਂ ਜਿਹੀ ਰਾਤ ਦੀ ਹੀ ਗੱਲ ਕਰਾਂਗਾ
ਓਸ ਇਤਿਹਾਸ ਦੀ
ਜੋ ਮੇਰੇ ਬਾਪ ਦੇ ਧੁੱਪ ਨਾਲ਼ ਲੂਸੇ ਮੋਰਾਂ ਉੱਤੇ ਉਕਰਿਆ ਹੈ
ਜਾਂ ਆਪਣੀ ਮਾਂ ਦੇ ਪੈਰੀਂ ਪਾਟੀਆਂ ਬਿਆਈਆਂ ਦੇ ਭੂ ਗੋਲ ਦੀ ਹੀ ਗੱਲ ਕਰਾਂਗਾ

ਮੇਰੇ ਤੋਂ ਆਸ ਨਾ ਕਰਿਓ ਕਿ ਮੈਂ ਖੇਤਾਂ ਦਾ ਪੁੱਤ ਹੋ ਕੇ
ਤੁਹਾਡੇ ਚਗਲੇ ਹੋਏ ਸਵਾਦਾਂ ਦੀ ਗੱਲ ਕਰਾਂਗਾ
ਜਿਹਨਾਂ ਦੇ ਹੜ੍ਹ ਚ ਰੁੜ੍ਹ ਜਾਂਦੀ ਹੈ
ਸਾਡੇ ਬੱਚਿਆਂ ਦੀ ਤੋਤਲੀ ਕਵਿਤਾ
ਤੇ ਸਾਡੀਆਂ ਧੀਆਂ ਦਾ ਕੰਜਕ ਜਿਹਾ ਹਾਸਾ

ਹਵਾਲਾ: ਇਨਕਾਰ ( ਹਵਾਲਾ ਵੇਖੋ )